ਲੋਕ ਸਭਾ ਸਪੀਕਰ ਨੇ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਸਵੀਕਾਰਿਆ, ਜਾਂਚ ਪੈਨਲ ਦਾ ਗਠਨ  

ਲੋਕ ਸਭਾ ਸਪੀਕਰ ਨੇ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਸਵੀਕਾਰਿਆ, ਜਾਂਚ ਪੈਨਲ ਦਾ ਗਠਨ  

ਨਵੀਂ ਦਿੱਲੀ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਜਾਣਕਾਰੀ ਮੁਤਾਬਕ ਸ਼ੁਰੂਆਤੀ ਮੁਲਤਵੀ ਤੋਂ ਬਾਅਦ ਦੁਪਹਿਰ 12 ਵਜੇ ਸਦਨ ਦੁਬਾਰਾ ਜੁੜਨ ’ਤੇ, ਬਿਰਲਾ ਨੇ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਪੈਨਲ ਦਾ ਐਲਾਨ ਕੀਤਾ। ਸਪੀਕਰ ਨੇ ਸਦਨ ਨੂੰ ਸੂਚਿਤ ਕੀਤਾ ਕਿ ਕਮੇਟੀ ਆਪਣੀ ਰਿਪੋਰਟ ਪੇਸ਼ ਕਰਨ ਤੱਕ ਮਹਾਂਦੋਸ਼ ਪ੍ਰਸਤਾਵ ਨੂੰ ਮੁਲਤਵੀ ਰੱਖਿਆ ਜਾਵੇਗਾ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਜ਼ਿਕਰਯੋਗ ਹੈ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ, 21 ਜੁਲਾਈ ਨੂੰ, ਸੰਸਦ ਦੇ ਕਈ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਇੱਕ ਮੰਗ ਪੱਤਰ ਸੌਂਪਿਆ। ਸੰਵਿਧਾਨ ਦੇ ਅਨੁਛੇਦ 124, 217 ਅਤੇ 218 ਦੇ ਤਹਿਤ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ’ਤੇ ਕੁੱਲ 146 ਲੋਕ ਸਭਾ ਮੈਂਬਰਾਂ ਨੇ ਦਸਤਖਤ ਕੀਤੇ ਸਨ। ਭਾਜਪਾ, ਕਾਂਗਰਸ, ਟੀਡੀਪੀ, ਜੇਡੀਯੂ, ਜੇਡੀ(ਐਸ), ਜਨ ਸੈਨਾ ਪਾਰਟੀ, ਏਜੀਪੀ, ਸ਼ਿਵ ਸੈਨਾ (ਸ਼ਿੰਦੇ) ਅਤੇ ਸੀਪੀਐਮ ਸਮੇਤ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਮੈਮੋਰੰਡਮ ’ਤੇ ਦਸਤਖਤ ਕੀਤੇ ਹਨ। ਮੈਮੋਰੰਡਮ ’ਤੇ ਦਸਤਖਤ ਕਰਨ ਵਾਲਿਆਂ ਵਿੱਚ ਭਾਜਪਾ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ, ਰਵੀ ਸ਼ੰਕਰ ਪ੍ਰਸਾਦ ਅਤੇ ਰਾਜੀਵ ਪ੍ਰਤਾਪ ਰੂਡੀ, ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਐਨਸੀਪੀ (ਐਸਪੀ) ਦੀ ਸੁਪ੍ਰੀਆ ਸੁਲੇ ਸ਼ਾਮਲ ਹਨ। ਲੋਕ ਸਭਾ ਸਪੀਕਰ ਦੁਆਰਾ ਗਠਿਤ ਜਾਂਚ ਪੈਨਲ ਜਸਟਿਸ ਵਰਮਾ ਦੇ ਘਰ ’ਤੇ ਨਕਦੀ ਦੀ ਵਸੂਲੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰੇਗਾ।