ਵਿਵਾਦਾਂ ਵਿਚਾਲੇ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ-ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕੁਰੂਕਸ਼ੇਤਰ ਦੇ ਲੋਕ ਨਾਇਕ ਜੈ ਪ੍ਰਕਾਸ਼ ਸਿਵਲ ਹਸਪਤਾਲ ਦੀਆਂ ਨਰਸਾਂ ਵੱਲੋਂ ਉਨ੍ਹਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ ਅਤੇ ਉਨ੍ਹਾਂ ਤੋਂ ਮੁਆਫ਼ੀ ਅਤੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।ਰੇਣੂ ਭਾਟੀਆ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭੇਜੇ ਆਪਣੇ ਪੱਤਰ ਵਿੱਚ ਅਸਤੀਫ਼ਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਮੰਗਲਵਾਰ ਦੇਰ ਸ਼ਾਮ ਤੱਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਸੀ।
ਅਸਤੀਫ਼ਾ ਪੱਤਰ ਵਿੱਚ ਭਾਟੀਆ ਨੇ ਲਿਖਿਆ ਕਿ ਉਨ੍ਹਾਂ ਨੇ ਲਗਭਗ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਵੀ ਕੀਤਾ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਨਮਾਨ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਜੇਕਰ ਉਨ੍ਹਾਂ ਨੂੰ ਕੋਈ ਹੋਰ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਉਹ ਉਸ ਨੂੰ ਵੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ।ਦੱਸਣਯੋਗ ਹੈ ਕਿ ਰੇਣੂ ਭਾਟੀਆ ਨੇ ਹਾਲ ਹੀ ਵਿੱਚ ਕੁਰੂਕਸ਼ੇਤਰ ਦੇ ਲੋਕ ਨਾਇਕ ਜੈ ਪ੍ਰਕਾਸ਼ ਸਿਵਲ ਹਸਪਤਾਲ ਦਾ ਦੌਰਾ ਕੀਤਾ ਸੀ, ਜਿੱਥੇ ਇੱਕ 15 ਸਾਲਾ ਲੜਕੀ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹਸਪਤਾਲ ਦੇ 62 ਸਾਲਾ ਸਲਾਹਕਾਰ ਡਾਕਟਰ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਨਰਸਾਂ ਦਾ ਦੋਸ਼ ਹੈ ਕਿ ਦੌਰੇ ਦੌਰਾਨ ਰੇਣੂ ਭਾਟੀਆ ਨੇ ਨਰਸਿੰਗ ਸਟਾਫ਼ ਦੀ ਲਾਪਰਵਾਹੀ 'ਤੇ ਸਵਾਲ ਚੁੱਕੇ ਅਤੇ ਕੁਝ ਕਰਮਚਾਰੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਵੀ ਟਿੱਪਣੀ ਕੀਤੀ। ਇਸ ਦੇ ਵਿਰੋਧ ਵਿੱਚ ਨਰਸਾਂ ਨੇ ਦੋ ਘੰਟੇ ਦੀ ਪੈਨ-ਡਾਊਨ ਹੜਤਾਲ ਕੀਤੀ ਅਤੇ ਉਨ੍ਹਾਂ ਤੋਂ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ।ਇਸ ਦੌਰਾਨ ਰੇਣੂ ਭਾਟੀਆ ਦੇ ਨਜ਼ਦੀਕੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਨਰਸਾਂ ਦੇ ਵਿਰੋਧ ਨਾਲ ਜੁੜਿਆ ਨਹੀਂ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਕਰਕੇ ਅਹੁਦਾ ਛੱਡਿਆ ਹੈ ਅਤੇ ਉਹ ਕਰੀਬ ਤਿੰਨ ਮਹੀਨਿਆਂ ਲਈ ਅਮਰੀਕਾ ਜਾਣ ਵਾਲੇ ਹਨ।ਫਿਲਹਾਲ ਰੇਣੂ ਭਾਟੀਆ ਦੇ ਅਸਤੀਫ਼ੇ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਜਾਰੀ ਹੈ।
















