ਸ਼੍ਰੋਮਣੀ ਅਕਾਲੀ ਦੇ ਪੁਰਾਣੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਕੀਤੀ ਘਰ ਵਾਪਸੀ, ਹੋਏ ਪਾਰਟੀ ਵਿੱਚ ਸ਼ਾਮਲ
ਬਠਿੰਡਾ-ਸੁਖਬੀਰ ਬਾਦਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਇਸ ਸਮੇਂ ਸੁਖਬੀਰ ਬਾਦਲ ਰੁੱਸਿਆਂ ਨੂੰ ਮਨਾਉਣ ਵਿੱਚ ਵੀ ਰੁੱਝੇ ਹੋਏ ਹਨ ਅਤੇ ਜਿਸ ਤੋਂ ਬਾਅਦ ਪਾਰਟੀ ਦੇ ਪੁਰਾਣੇ ਲੀਡਰ ਸਿਕੰਦਰ ਸਿੰਘ ਮਲੂਕਾ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਦੀ ਜਾਣਕਾਰੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਲਿਖਿਆ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ । ਮਲੂਕਾ ਸਾਬ੍ਹ ਨੇ ਪਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਨਿਭਾਇਆ ਹੈ । ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੱਲ ਰਹੀ ਪਾਰਟੀ ਦੀ ਚੋਣ ਮੁਹਿੰਮ ਵਿੱਚ ਤੁਰੰਤ ਸ਼ਾਮਲ ਹੋਣਗੇ। ਪੰਜਾਬੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਹਰ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ । ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋਵੋ, ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ
















