ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ਸਿੰਘ ’ਤੇ ਤਿੱਖਾ ਹਮਲਾ, ਕਿਹਾ—‘ਪੰਜਾਬ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਮੁੜ ਸਰਗਰਮ’

ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ਸਿੰਘ ’ਤੇ ਤਿੱਖਾ ਹਮਲਾ, ਕਿਹਾ—‘ਪੰਜਾਬ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਮੁੜ ਸਰਗਰਮ’

ਲੁਧਿਆਣਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਹੁਣ ਮੁੜ ਸਰਗਰਮ ਹੋ ਰਹੀਆਂ ਹਨ।ਲੁਧਿਆਣਾ ਵਿੱਚ ਬੁੱਧਵਾਰ ਨੂੰ ਬਿਆਨ ਦਿੰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕੁਝ ਲੋਕ ਧਾਰਮਿਕ ਸਿੱਖਾਂ ਦਾ ਰੂਪ ਧਾਰ ਕੇ ਪੰਜਾਬ ਵਿੱਚ ਮੁੜ ਆਪਣਾ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਤਾਕਤਾਂ ’ਤੇ 1980 ਦੇ ਦਹਾਕੇ ਦੌਰਾਨ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਦੋਸ਼ ਲੱਗਦੇ ਰਹੇ ਹਨ, ਉਹ ਹੁਣ ਨਵੇਂ ਰੂਪ ਵਿੱਚ ਸਾਹਮਣੇ ਆ ਰਹੀਆਂ ਹਨ।ਸੁਖਬੀਰ ਬਾਦਲ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਪਾਰਟੀ ਆਗੂ ਭਾਈ ਸ਼ਮਿੰਦਰ ਸਿੰਘ ਦੀ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਤਾਕਤਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

ਉਨ੍ਹਾਂ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਹਮਲੇ ਦਾ ਵੀ ਹਵਾਲਾ ਦਿੱਤਾ।ਅਕਾਲੀ ਦਲ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਨੂੰ ਸਿਆਸੀ ਤੌਰ ’ਤੇ ਨਕਾਰਨ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਇਕਜੁੱਟ ਹੋਣ।ਸੁਖਬੀਰ ਬਾਦਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੀਆਂ ਤਾਕਤਾਂ ਨੂੰ ਰੋਕਿਆ ਨਾ ਗਿਆ ਤਾਂ ਪੰਜਾਬ ਵਿੱਚ ‘ਗੁੰਡਾ ਰਾਜ’ ਆ ਸਕਦਾ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ।

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅਜਿਹੇ ਲੋਕ ਲੋਕਾਂ ਦੇ ਘਰਾਂ ਅਤੇ ਗੁਰਧਾਮਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਸੁਖਬੀਰ ਬਾਦਲ ਅਤੇ ਅੰਮ੍ਰਿਤਪਾਲ ਸਿੰਘ ਵਿਚਕਾਰ ਤਕਰਾਰ ਹੋਰ ਤੇਜ਼ ਹੋਣ ਦੇ ਆਸਾਰ ਹਨ।