ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਹਾਲ ਹੀ ਦੀ ਗੜ੍ਹੇਮਾਰੀ ਕਾਰਨ ਨੁਕਸਾਨੀ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਟੀਮ ਭੇਜੀ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦਾ ਖ਼ਾਸ ਪੈਕੇਜ ਜਾਰੀ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਇਹ ਮੰਗ ਕੀਤੀ।
ਉਨ੍ਹਾਂ ਅਪੀਲ ਕੀਤੀ ਕਿ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣ ਵਾਲੇ ਪ੍ਰਭਾਵਿਤ ਕਿਸਾਨਾਂ ਲਈ ਵਿਆਜ ਇੱਕ ਸਾਲ ਲਈ ਮੁਲਤਵੀ ਕੀਤਾ ਜਾਵੇ ਅਤੇ ਖਾਦ ਰਿਆਇਤੀ ਦਰਾਂ ‘ਤੇ ਮੁਹੱਈਆ ਕਰਵਾਈ ਜਾਵੇ, ਤਾਂ ਜੋ ਕਿਸਾਨ ਦੁਬਾਰਾ ਖੜ੍ਹੇ ਹੋ ਸਕਣ।
ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਬੇਮੌਸਮੀ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਦੇ ਵੱਡੇ ਹਿੱਸੇ ਵਿੱਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਹਜ਼ਾਰਾਂ ਏਕੜ ਵਿੱਚ ਖੜ੍ਹੀ ਫਸਲ ਤਬਾਹ ਹੋ ਗਈ ਹੈ ਅਤੇ ਬਾਕੀ ਫਸਲ ਵੀ ਕੱਟਣ ਯੋਗ ਨਹੀਂ ਰਹੀ।
ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਨਾਲ ਵੱਡਾ ਨੁਕਸਾਨ ਹੋਇਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਵੀ ਫਸਲਾਂ ਨੂੰ ਤਬਾਹੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਕਈ ਥਾਵਾਂ ‘ਤੇ ਮੱਕੀ ਦੀ ਫਸਲ ਵੀ ਪ੍ਰਭਾਵਿਤ ਹੋਈ ਹੈ।
ਕੇਂਦਰ ਤੋਂ ਮਦਦ ਦੀ ਮੰਗ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਨੇ ਅਜੇ ਤੱਕ ਨਾ ਤਾਂ ਕੋਈ ਢੰਗ ਦਾ ਸਰਵੇ ਕਰਵਾਇਆ ਹੈ ਅਤੇ ਨਾ ਹੀ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਵਾਅਦੇ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਵੀ ਕਿਸਾਨਾਂ ਨੂੰ ਉਮੀਦ ਮੁਤਾਬਕ ਮਦਦ ਨਹੀਂ ਮਿਲੀ। ਕੇਂਦਰ ਅਤੇ ਰਾਜ ਸਰਕਾਰ ਵਿਚਾਲੇ ਫੰਡਾਂ ਨੂੰ ਲੈ ਕੇ ਚੱਲ ਰਹੀ ਤਕਰਾਰ ਕਾਰਨ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।
ਅੰਤ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਦੀ ਕੇਂਦਰੀ ਪੱਧਰ ‘ਤੇ ਜਾਂਚ ਹੋਣੀ ਚਾਹੀਦੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਰਾਹਤ ਮੁਹੱਈਆ ਕਰਵਾਈ ਜਾਵੇ।