ਹਰੀਕੇ ਪੱਤਣ ਵਿਖੇ ਬਣੇਗੀ ‘ਸ਼ਹੀਦੀ ਯਾਦਗਾਰ’, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਐਲਾਨ
ਚੰਡੀਗੜ੍ਹ-‘ਸਤਲੁਜ’ ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰੀਕੇ ਪੱਤਣ ਵਿਖੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਅਤੇ 1982 ਤੋਂ 1995 ਦੇ ਦੌਰਾਨ ਲਾਪਤਾ ਹੋਏ ਜਾਂ ਕਥਿਤ ਤੌਰ 'ਤੇ ਬਿਨਾਂ ਪਛਾਣ ਦੇ ਸਸਕਾਰ ਕੀਤੇ ਗਏ ਲੋਕਾਂ ਦੀ ਯਾਦ ਵਿੱਚ ‘ਸ਼ਹੀਦੀ ਯਾਦਗਾਰ’ ਬਣਾਉਣ ਦਾ ਐਲਾਨ ਕੀਤਾ ਹੈ।
ਜਥੇਦਾਰ ਗੜਗੱਜ ਨੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਅਰਦਾਸ ਉਪਰੰਤ ਇਸ ਸਥਾਨ ਨੂੰ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਨੇਕਾਂ ਪੁੱਤਰਾਂ-ਧੀਆਂ ਦੀਆਂ ਲਾਸ਼ਾਂ ਦਰਿਆਵਾਂ ਵਿੱਚ ਸੁੱਟੀਆਂ ਗਈਆਂ ਅਤੇ ਪੰਥ ਆਪਣੇ ਸ਼ਹੀਦਾਂ ਨੂੰ ਕਦੇ ਵੀ ਲਾਵਾਰਿਸ ਨਹੀਂ ਮੰਨਦਾ।
ਜਥੇਦਾਰ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੂੰ ਪੰਥ ‘ਕੌਮੀ ਸ਼ਹੀਦ’ ਮੰਨਦਾ ਹੈ ਅਤੇ ਹਮੇਸ਼ਾ ਮੰਨਦਾ ਰਹੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਕਥਿਤ ਤੌਰ 'ਤੇ ਬਿਨਾਂ ਪਛਾਣ ਦੇ ਸਸਕਾਰ ਕੀਤਾ ਗਿਆ, ਉਨ੍ਹਾਂ ਦੀ ਯਾਦ ਨੂੰ ਸਦਾ ਲਈ ਸੰਭਾਲਣਾ ਪੰਥ ਦੀ ਜ਼ਿੰਮੇਵਾਰੀ ਹੈ।
ਦੱਸ ਦੇਈਏ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਕਥਿਤ ਜਾਅਲੀ ਮੁਕਾਬਲਿਆਂ ਤੋਂ ਬਾਅਦ 2,097 ਤੋਂ ਵੱਧ ‘ਲਾਵਾਰਿਸ’ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰਾਂ ਦਾ ਮਾਮਲਾ ਉਜਾਗਰ ਕੀਤਾ ਸੀ। ਇਸ ਤੋਂ ਬਾਅਦ 6 ਸਤੰਬਰ 1995 ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਘਰ ਦੇ ਬਾਹਰੋਂ ਅਗਵਾ ਕਰ ਲਿਆ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦੀ ਦੇਹ ਹਰੀਕੇ ਪੱਤਣ ਨੇੜੇ ਦਰਿਆ ਵਿੱਚ ਸੁੱਟੀ ਗਈ ਸੀ।
ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਪਤਾ ਵਿਅਕਤੀਆਂ ਦੇ ਪਰਿਵਾਰਕ ਮੈਂਬਰ, ਸਿੱਖ ਸੰਗਤ ਅਤੇ ਸਮਾਜਿਕ ਕਾਰਕੁਨ ਵੀ ਮੌਜੂਦ ਰਹੇ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਸੰਗਤ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ 1982 ਤੋਂ 1995 ਦੇ ਦਰਮਿਆਨ ਕਥਿਤ ਤੌਰ 'ਤੇ ਬਿਨਾਂ ਪਛਾਣ ਦੇ ਮਾਰੇ ਗਏ ਲੋਕਾਂ ਦਾ ਵਿਸਥਾਰਪੂਰਵਕ ਰਿਕਾਰਡ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਅਰਕਾਈਵ ਦਾ ਹਿੱਸਾ ਬਣਾਉਣ ਦਾ ਵੀ ਐਲਾਨ ਕੀਤਾ ਗਿਆ।
ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਬੇਅੰਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਅਤੇ ਐੱਸਜੀਪੀਸੀ ਜਥੇਦਾਰ ਦੇ ਹੁਕਮਾਂ ਅਨੁਸਾਰ ਸ਼ਹੀਦੀ ਯਾਦਗਾਰ ਦਾ ਨਿਰਮਾਣ ਕਰਵਾਏਗੀ, ਜਿੱਥੇ ਸ਼ਹੀਦਾਂ ਦੇ ਨਾਮ ਵੀ ਦਰਜ ਕੀਤੇ ਜਾਣਗੇ।
ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਥੇਦਾਰ ਵੱਲੋਂ ਅਰਦਾਸ ਵਿੱਚ ਪੰਜਾਬ ਦੇ ਹਿੰਸਕ ਦੌਰ ਦੇ ਸਾਰੇ ਮ੍ਰਿਤਕਾਂ ਨੂੰ ਯਾਦ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਵਗਿਆ ਖੂਨ ਕਿਸੇ ਇੱਕ ਵਰਗ ਦਾ ਨਹੀਂ, ਸਗੋਂ ਪੂਰੇ ਪੰਜਾਬ ਅਤੇ ਪੰਜਾਬੀਆਂ ਦਾ ਸੀ।
ਉੱਧਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਸਤਲੁਜ’ ਫ਼ਿਲਮ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਖ਼ਤਮ ਹੋਣਾ ਚਾਹੀਦਾ ਹੈ, ਕਿਉਂਕਿ ਪੁਰਾਣੇ ਜ਼ਖ਼ਮਾਂ ਨੂੰ ਮੁੜ ਖੋਲ੍ਹਣ ਨਾਲ ਕਿਸੇ ਦਾ ਭਲਾ ਨਹੀਂ ਹੋਵੇਗਾ ਅਤੇ ਪੰਜਾਬ ਦੀ ਸ਼ਾਂਤੀ ਨੂੰ ਪਹਿਲ ਦੇਣੀ ਚਾਹੀਦੀ ਹੈ।
















