ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ’ਚ ਨਿਹੰਗ ਸਿੰਘਾਂ ਵੱਲੋਂ ‘ਖਾਲਸਾ ਟੈਕਸ’ ਦੀ ਸ਼ੁਰੂਆਤ
ਰੂਪਨਗਰ/ਕੀਰਤਪੁਰ ਸਾਹਿਬ-ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਗੱਡੀਆਂ ’ਤੇ ਐਂਟਰੀ ਟੈਕਸ ਵਧਾਏ ਜਾਣ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਪੰਜਾਬ ਦੀ ਸਰਹੱਦ ’ਤੇ ‘ਖਾਲਸਾ ਟੈਕਸ’ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅੱਜ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ’ਤੇ ਪੈਂਦੇ ਗਰਾਂ ਮੋੜਾ ਵਿਖੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਯੋਗਦਾਨ ਇਕੱਠਾ ਕੀਤਾ ਗਿਆ। ਜਥੇਬੰਦੀਆਂ ਨੇ ਇਸ ਮੁਹਿੰਮ ਨੂੰ ‘ਖਾਲਸਾ ਐਂਟਰੀ ਟੈਕਸ’ ਦਾ ਨਾਮ ਦਿੱਤਾ ਹੈ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਆਗੂਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਤੋਂ ਪੰਜਾਬ ਵਿੱਚ ਆਉਣ ਵਾਲੇ ਵਾਹਨਾਂ ਤੋਂ ਲੋਕਾਂ ਦੀ ਸਹਿਮਤੀ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਕੱਠੀ ਹੋਣ ਵਾਲੀ ਰਕਮ ਲੋਕ ਭਲਾਈ ਅਤੇ ਸਰਬੱਤ ਦੇ ਭਲੇ ਲਈ ਵਰਤੀ ਜਾਵੇਗੀ।ਅੱਜ ਮੌਕੇ ’ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰਾਂ ਨੇ ਵਾਹਨ ਚਾਲਕਾਂ ਨਾਲ ਗੱਲਬਾਤ ਕਰਕੇ ਯੋਗਦਾਨ ਲਿਆ। ਕਈ ਵਾਹਨ ਚਾਲਕ ਆਪਣੀ ਮਰਜ਼ੀ ਨਾਲ ਇਹ ਰਕਮ ਦਿੰਦੇ ਵੀ ਨਜ਼ਰ ਆਏ।
ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਾਹਨ ਚਾਲਕ ਨਾਲ ਕੋਈ ਜ਼ਬਰਦਸਤੀ ਜਾਂ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨਾ ਕਿਸੇ ਨੂੰ ਰੋਕਿਆ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ ਸਿਰਫ਼ ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਣਾ ਹੈ।ਇਸ ਦੌਰਾਨ ਗਰਾਂ ਮੋੜਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਵਿੱਚ ‘ਖਾਲਸਾ ਟੈਕਸ’ ਨੂੰ ਲੈ ਕੇ ਚਰਚਾ ਬਣੀ ਰਹੀ।
















