ਹਿਮਾਚਲ ਵਿੱਚ 15 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਲਈ ਚੇਤਾਵਨੀ

ਹਿਮਾਚਲ ਵਿੱਚ 15 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਲਈ ਚੇਤਾਵਨੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ 15 ਜੁਲਾਈ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।ਮੌਸਮ ਵਿਭਾਗ ਨੇ ਦੱਸਿਆ ਹੈ ਕਿ ਸ਼ਿਮਲਾ, ਮੰਡੀ, ਸੋਲਨ, ਸਿਰਮੌਰ, ਕਾਂਗੜਾ, ਕੁੱਲੂ ਅਤੇ ਚੰਬਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਖ਼ਾਸ ਤੌਰ 'ਤੇ ਸਿਰਮੌਰ, ਮੰਡੀ, ਸ਼ਿਮਲਾ ਅਤੇ ਸੋਲਨ ਵਿੱਚ ਲਗਾਤਾਰ ਭਾਰੀ ਵਰਖਾ ਦੀ ਸੰਭਾਵਨਾ ਜਤਾਈ ਗਈ ਹੈ।

ਸੂਬੇ ਦੇ ਸਿੱਖਿਆ ਮੰਤਰੀ ਰੋਹਿਤ ਠਾਕੁਰ ਨੇ ਕਿਹਾ ਹੈ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਜ਼ਿਲ੍ਹੇ ਵਿੱਚ ਸਕੂਲ ਜਾਂ ਹੋਰ ਵਿਦਿਅਕ ਅਦਾਰੇ ਬੰਦ ਕਰਨ ਦਾ ਫ਼ੈਸਲਾ ਸਬੰਧਤ ਡਿਪਟੀ ਕਮਿਸ਼ਨਰ (DC) ਸਥਾਨਕ ਹਾਲਾਤਾਂ ਦੇ ਆਧਾਰ 'ਤੇ ਕਰਨਗੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਮੀਂਹ, ਜ਼ਮੀਨ ਖਿਸਕਣ ਜਾਂ ਹੜ੍ਹ ਵਰਗੇ ਕਾਰਨਾਂ ਕਰਕੇ ਸਕੂਲ ਬੰਦ ਕੀਤੇ ਜਾਂਦੇ ਹਨ ਤਾਂ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਵੀ ਛੁੱਟੀ ਹੋਵੇਗੀ ਅਤੇ ਉਨ੍ਹਾਂ ਨੂੰ ਸਕੂਲ ਆਉਣ ਦੀ ਲੋੜ ਨਹੀਂ ਹੋਵੇਗੀ।ਮੌਸਮ ਵਿਭਾਗ ਮੁਤਾਬਕ ਕਿਨੌਰ ਅਤੇ ਲਾਹੌਲ-ਸਪਿਤੀ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਅਚਾਨਕ ਹੜ੍ਹ ਆਉਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।

ਵਿਭਾਗ ਨੇ ਲੋਕਾਂ ਨੂੰ ਨਦੀਆਂ, ਖੱਡਾਂ ਅਤੇ ਨਾਲਿਆਂ ਤੋਂ ਦੂਰ ਰਹਿਣ, ਪਹਾੜੀ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਬੇਲੋੜੀ ਯਾਤਰਾ ਨਾ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਭਾਰੀ ਮੀਂਹ ਦੀ ਚੇਤਾਵਨੀ ਨੂੰ ਦੇਖਦੇ ਹੋਏ ਸਿਰਮੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫ਼ੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਸਿਰਫ਼ ਬਹੁਤ ਜ਼ਰੂਰੀ ਹੋਣ 'ਤੇ ਹੀ ਯਾਤਰਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸਥਾਨਕ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ।